ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਨੇ ਝੋਨੇ ਦਾ ਖਰੀਦ ਸੀਜ਼ਨ ਸਫ਼ਲਤਾਪੂਰਵਕ ਮੁਕੰਮਲ ਹੋਣ ‘ਤੇ ਵਿਭਾਗ ਨੂੰ ਦਿੱਤੀ ਵਧਾਈ
ਟੈਂਡਰ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ‘ਤੇ ਦਿੱਤਾ ਜ਼ੋਰ

More Transparency in Mann led Punjab Govt. offices
(Punjab Bureau) : ਝੋਨੇ ਦਾ ਖਰੀਦ ਸੀਜ਼ਨ ਸਫ਼ਲ ਅਤੇ ਨਿਰਵਿਘਨ ਢੰਗ ਨਾਲ ਮੁਕੰਮਲ ਹੋਣ ‘ਤੇ ਵਿਭਾਗ ਨੂੰ ਵਧਾਈ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਅਗਾਮੀ ਸੀਜ਼ਨਾਂ ‘ਚ ਵੀ ਇਸੇ ਰੁਝਾਨ ਨੂੰ ਬਰਕਰਾਰ ਰੱਖਣ ਲਈ ਕਿਹਾ ਕਿਉਂਕਿ ਇਹ ਵਿਭਾਗ ਖੇਤੀਬਾੜੀ ਸੈਕਟਰ ਨਾਲ ਨੇੜਿਓਂ ਜੁੜਿਆ ਹੋਇਆ ਹੈ ਜੋ ਕਿ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੈ।
ਅੱਜ ਇੱਥੇ ਸੈਕਟਰ 39 ਦੇ ਅਨਾਜ ਭਵਨ ਵਿਖੇ ਵਿਭਾਗ ਦੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਟੈਂਡਰ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਇਆ ਜਾਣਾ ਚਾਹੀਦਾ ਹੈ ਅਤੇ ਸਾਰੇ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਬਾਅਦ ਵਿੱਚ ਕਿਸੇ ਵੀ ਉਲਝਣ ਤੋਂ ਬਚਿਆ ਜਾ ਸਕੇ।
ਮੰਤਰੀ ਨੇ ਕਿਹਾ ਕਿ ਮਿੱਲ ਮਾਲਕਾਂ ਵੱਲੋਂ ਐਫ.ਸੀ.ਆਈ. ਨੂੰ ਚੌਲਾਂ ਦੀ ਡਿਲਿਵਰੀ ਹੋਣ ਦੇ ਨਾਲ ਹੀ ਬਿੱਲ ਜਮ੍ਹਾਂ ਕਰਾਏ ਜਾਣੇ ਚਾਹੀਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਇਹ ਤੁਰੰਤ ਭੁਗਤਾਨ ਨੂੰ ਯਕੀਨੀ ਬਣਾਉਣ ਲਈ ਲਾਜ਼ਮੀ ਹੈ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਈ-ਪੌਸ ਮਸ਼ੀਨਾਂ ਦੀ ਖਰੀਦ ਸਬੰਧੀ ਪ੍ਰਕਿਰਿਆ ਪੂਰੀ ਤਰ੍ਹਾਂ ਪਾਰਦਰਸ਼ੀ ਹੋਣੀ ਚਾਹੀਦੀ ਹੈ ਕਿਉਂਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਪ੍ਰਤੀ ਜ਼ੀਰੋ ਸ਼ਹਿਣਸ਼ੀਲਤਾ ਨੀਤੀ ਅਪਣਾਈ ਗਈ ਹੈ ਅਤੇ ਪਾਰਦਰਸ਼ਤਾ ਇਸਦੀ ਸਭ ਤੋਂ ਵੱਡੀ ਪਛਾਣ ਹੈ।
ਅਧਿਕਾਰੀਆਂ ਨੂੰ ਤਰੱਕੀ ਦੇਣ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਮੰਤਰੀ ਨੇ ਕਿਹਾ ਕਿ ਕਰਮਚਾਰੀ ਦੇ ਕੈਰੀਅਰ ਵਿੱਚ ਤਰੱਕੀ ਇੱਕ ਵੱਡੀ ਪ੍ਰੇਰਣਾ ਵਜੋਂ ਕੰਮ ਕਰਦੀ ਹੈ ਜੋ ਉਸਨੂੰ ਬਿਹਤਰ ਕਾਰਗੁਜ਼ਾਰੀ ਲਈ ਉਤਸ਼ਾਹਿਤ ਕਰਦੀ ਹੈ। ਮੰਤਰੀ ਨੇ ਅੱਗੇ ਕਿਹਾ ਕਿ ਅਦਾਲਤਾਂ ਵਿੱਚ ਚੱਲ ਰਹੇ ਵਿਭਾਗ ਦੇ ਕੇਸਾਂ ਵਿੱਚ ਬਿਹਤਰ ਤੇ ਪ੍ਰਭਾਵਸ਼ਾਲੀ ਢੰਗ ਨਾਲ ਦਲੀਲਬਾਜ਼ੀ ਕੀਤੀ ਜਾਣੀ ਚਾਹੀਦੀ ਹੈ ਅਤੇ ਮੁਕੱਦਮੇ ਸਬੰਧੀ ਕੇਸਾਂ ਨੂੰ ਘੱਟ ਤੋਂ ਘੱਟ ਕਰਨ ਲਈ ਯਤਨ ਕੀਤੇ ਜਾਣੇ ਚਾਹੀਦੇ ਹਨ।
ਕੈਬਨਿਟ ਮੰਤਰੀ ਨੇ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਲੇਬਰ ਅਤੇ ਕਾਰਟੇਜ ਟੈਂਡਰਾਂ ਦੇ ਸਬੰਧ ਵਿੱਚ ਇੱਕ ਮਜ਼ਬੂਤ ਪ੍ਰਣਾਲੀ ਵਿਕਸਿਤ ਕੀਤੀ ਜਾਣੀ ਚਾਹੀਦੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਭਾਗ ਦੇ ਸਕੱਤਰ ਗੁਰਕਿਰਤ ਕਿਰਪਾਲ ਸਿੰਘ, ਡਾਇਰੈਕਟਰ ਪੁਨੀਤ ਗੋਇਲ ਸਮੇਤ ਉੱਚ ਅਧਿਕਾਰੀ ਹਾਜ਼ਿਰ ਸਨ।