ਚੰਡੀਗੜ, 7 ਅਪ੍ਰੈਲ
ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਨਿਰਵਿਘਨ ਬਿਜਲੀ ਦੀ ਸਪਲਾਈ ਯਕੀਨੀ ਬਣਾਉਣ ‘ਚ ਅਸਫਲ ਰਹਿਣ ਲਈ ਝਾੜ ਪਾਈ ਹੈ।
ਇਕ ਖ਼ਬਰ ਦਾ ਹਵਾਲਾ ਦਿੰਦਿਆਂ ਬਾਜਵਾ ਨੇ ਕਿਹਾ ਕਿ ਸੂਬੇ ਦੇ ਖਪਤਕਾਰਾਂ ਨੂੰ ਗਰਮੀ ਦੇ ਮੌਸਮ ਵਿਚ ਖਾਸ ਕਰਕੇ ਝੋਨੇ ਦੀ ਲਵਾਈ ਦੇ ਸੀਜ਼ਨ ਵਿਚ ਲੰਬੇ ਅਚਾਨਕ ਬਿਜਲੀ ਕੱਟਾਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।
ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੇ ਬਿਜਲੀ ਰੈਗੂਲੇਟਰ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ (ਪੀ.ਐਸ.ਈ.ਆਰ.ਸੀ.) ਤੋਂ ਸੂਬੇ ਅੰਦਰ ਬਿਜਲੀ ਉਤਪਾਦਨ ਵਿੱਚ ਕਿਸੇ ਵੀ ਤਰ੍ਹਾਂ ਦੀ ਕਮੀ ਕਾਰਨ ਬਿਜਲੀ ਕੱਟ ਲਗਾਉਣ ਦੀ ਇਜਾਜ਼ਤ ਮੰਗੀ ਹੈ। ਮਾਹਰਾਂ ਦਾ ਮੰਨਣਾ ਹੈ ਕਿ ਇਸ ਦਾ ਮਤਲਬ ਜੂਨ ਵਿੱਚ ਪੰਜਾਬ ਵਿੱਚ ਚੋਣ ਪ੍ਰਕਿਰਿਆ ਖਤਮ ਹੋਣ ਤੋਂ ਬਾਅਦ ਕਟੌਤੀ ਹੋ ਸਕਦੀ ਹੈ।
ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇਸ ਸਾਲ ਜਨਵਰੀ ਵਿੱਚ ਗੋਇੰਦਵਾਲ ਸਾਹਿਬ ਵਿਖੇ 540 ਮੈਗਾਵਾਟ ਦਾ ਪ੍ਰਾਈਵੇਟ ਥਰਮਲ ਪਾਵਰ ਪਲਾਂਟ ਖਰੀਦਿਆ ਸੀ। ਭਗਵੰਤ ਮਾਨ ਨੇ ਸੂਬੇ ਦੀ ਬਿਜਲੀ ਦੀ ਮੰਗ ਨੂੰ ਪੂਰਾ ਕਰਨ ਲਈ ਇਸ ਨੂੰ 1080 ਕਰੋੜ ਰੁਪਏ ‘ਚ ਖਰੀਦਣ ਦਾ ਦਾਅਵਾ ਕੀਤਾ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਦੇ ਲੋਕਾਂ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ ਕਿ ਉਹ ਸੂਬੇ ਵਿੱਚ ਨਿਰਵਿਘਨ ਬਿਜਲੀ ਸਪਲਾਈ ਨੂੰ ਯਕੀਨੀ ਬਣਾਉਣ ਵਿੱਚ ਅਸਫਲ ਕਿਉਂ ਰਹੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਦੇ ਦੋ ਸਾਲਾਂ ਦੇ ਸ਼ਾਸਨ ਨੂੰ ਦੇਖਿਆ ਹੈ। ਇਹ ਵੱਡੇ-ਵੱਡੇ ਦਾਅਵਿਆਂ ਨਾਲ ਲੋਕਾਂ ਨੂੰ ਮੂਰਖ ਬਣਾ ਰਹੀ ਹੈ, ਪਰ ਜ਼ਮੀਨੀ ਪੱਧਰ ‘ਤੇ ਕੰਮ ਕਰਨ ਵਿਚ ਬੁਰੀ ਤਰ੍ਹਾਂ ਅਸਫਲ ਰਹੀ। ਬਾਜਵਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਆਪਣਾ ਮਨ ਬਣਾ ਲਿਆ ਹੈ ਅਤੇ ਉਹ ਇਸ ਲੋਕ ਸਭਾ ਚੋਣਾਂ ‘ਚ ‘ਆਪ’ ਨੂੰ ਸਬਕ ਸਿਖਾਉਣਗੇ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਪੰਜਾਬ ਦੇ ਲੋਕ ਸਿਰਫ਼ ਦੋ ਸਾਲਾਂ ਵਿੱਚ ‘ਆਪ’ ਸਰਕਾਰ ਤੋਂ ਤੰਗ ਆ ਚੁੱਕੇ ਹਨ।