ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਵਫ਼ਦ ਨੇ ਵਾਤਾਵਰਨ ਮੰਤਰੀ ਨਾਲ ਕੀਤੀ ਮੁਲਾਕਾਤ
(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬਾ ਸਰਕਾਰ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਨੀਤੀ ਅਨੁਸਾਰ ਲੁਧਿਆਣਾ ਦੇ ਮਿਕਸਡ ਲੈਂਡ ਯੂਜ਼ (ਐਮ.ਐਲ.ਯੂ.) ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ।
ਇਹ ਪ੍ਰਗਟਾਵਾ ਵਾਤਾਵਰਨ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਦਫ਼ਤਰ ਵਿਖੇ ਯੂਨਾਈਟਿਡ ਸਾਈਕਲ ਐਂਡ ਪਾਰਟਸ ਮੈਨੂਫੈਕਚਰਰਜ਼ ਐਸੋਸੀਏਸ਼ਨ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਕੀਤਾ। ਹਲਕਾ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਵਫ਼ਦ ਨੇ ਅੱਜ ਲੁਧਿਆਣਾ ਦੇ ਐਮ.ਐਲ.ਯੂ. ਖੇਤਰਾਂ ਵਿੱਚ ਕਾਰਜਸ਼ੀਲ ਉਦਯੋਗਾਂ ਲਈ ਸਹਿਮਤੀ ਦੇਣ ਸਬੰਧੀ ਵਾਤਾਵਰਣ ਮੰਤਰੀ ਨਾਲ ਮੁਲਾਕਾਤ ਕੀਤੀ। ਉਦਯੋਗਾਂ ਦੀਆਂ ਸ਼ਿਕਾਇਤਾਂ ਸੁਣਨ ਉਪਰੰਤ ਵਾਤਾਵਰਣ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਨੇ ਲੁਧਿਆਣਾ ਦੇ ਐਮਐਲਯੂ ਖੇਤਰਾਂ ਵਿੱਚ ਸਥਿਤ ਉਦਯੋਗਾਂ ਨੂੰ ਨਿਯਮਤ ਕਰਨ ਸਬੰਧੀ ਮਨਜ਼ੂਰੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਤਰੱਕੀ ਵਿੱਚ ਉਦਯੋਗਾਂ ਦਾ ਅਹਿਮ ਯੋਗਦਾਨ ਹੈ। ਛੋਟੇ ਉਦਯੋਗਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਨਿਯਮਿਤ ਤੌਰ ‘ਤੇ ਕਾਰਜਸ਼ੀਲ ਬਣਾਈ ਰੱਖਣ ਲਈ ਇਹ ਫੈਸਲਾ ਲਿਆ ਗਿਆ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੱਤਰ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਨ ਵਿਭਾਗ, ਰਾਹੁਲ ਤਿਵਾੜੀ, ਕਮਿਸ਼ਨਰ ਨਗਰ ਨਿਗਮ ਲੁਧਿਆਣਾ ਡਾ. ਸ਼ੇਨਾ ਅਗਰਵਾਲ, ਪੀ.ਪੀ.ਸੀ.ਬੀ. ਦੇ ਚੇਅਰਮੈਨ ਪ੍ਰੋ. ਆਦਰਸ਼ ਪਾਲ ਵਿਗ, ਮੈਂਬਰ ਸਕੱਤਰ ਇੰਜ. ਜੀ.ਐਸ. ਮਜੀਠੀਆ ਅਤੇ ਸੀ.ਈ.ਈ. ਇੰਜ. ਪਰਦੀਪ ਗੁਪਤਾ ਅਤੇ ਸੀ.ਟੀ.ਪੀ. ਪੰਕਜ ਬਾਵਾ, ਪ੍ਰਧਾਨ ਸੀ.ਆਈ.ਸੀ.ਯੂ. ਉਪਕਾਰ ਸਿੰਘ ਆਹੂਜਾ, ਪ੍ਰਧਾਨ ਯੂ.ਸੀ.ਪੀ.ਐਮ.ਏ. ਡੀ.ਐਸ. ਚਾਵਲਾ ਅਤੇ ਚਰਨਜੀਤ ਸਿੰਘ ਵਿਸ਼ਵਕਰਮਾ ਮੌਜੂਦ ਸਨ।