ਮੁਲਜ਼ਮ ਇੰਸਪੈਕਟਰ ਨੇ ਪੀ.ਆਰ.ਟੀ.ਸੀ. ਦੇ ਬਰਖ਼ਾਸਤ ਡਰਾਈਵਰ ਨੂੰ ਬਹਾਲ ਕਰਵਾਉਣ ਬਦਲੇ ਮੰਗੀ ਸੀ ਰਿਸ਼ਵਤ *
(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਤਾਇਨਾਤ ਇੰਸਪੈਕਟਰ ਦਵਿੰਦਰ ਸਿੰਘ ਨੂੰ 2 ਲੱਖ ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮ ਪੀ.ਆਰ.ਟੀ.ਸੀ. ਦੇ ਇੰਸਪੈਕਟਰ ਨੂੰ ਹਰਦੇਵ ਸਿੰਘ ਵਾਸੀ ਪਿੰਡ ਰੱਲਾ, ਜ਼ਿਲ੍ਹਾ ਮਾਨਸਾ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਹਰਦੇਵ ਸਿੰਘ ਨੇ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕੀਤੀ ਸੀ ਕਿ ਉਹ ਪੀ.ਆਰ.ਟੀ.ਸੀ. ਡਿੱਪੂ, ਬਠਿੰਡਾ ਵਿਖੇ ਡਰਾਈਵਰ ਵਜੋਂ ਤਾਇਨਾਤ ਸੀ ਅਤੇ ਉਸ ਨੂੰ ਪੰਜ ਲੀਟਰ ਡੀਜ਼ਲ ਚੋਰੀ ਦੇ ਮਾਮਲੇ ਵਿੱਚ ਦੋਸ਼ੀ ਪਾਏ ਜਾਣ ‘ਤੇ 16 ਮਾਰਚ, 2023 ਨੂੰ ਸੇਵਾਵਾਂ ਤੋਂ ਬਰਖਾਸਤ ਕਰ ਦਿੱਤਾ ਗਿਆ ਸੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਮੁਲਜ਼ਮ ਇੰਸਪੈਕਟਰ ਨੇ ਉਸਨੂੰ ਬਹਾਲ ਕਰਵਾਉਣ ਬਦਲੇ 2 ਲੱਖ ਰੁਪਏ ਰਿਸ਼ਵਤ ਮੰਗੀ ਸੀ। ਉਸ ਨੇ ਇੰਸਪੈਕਟਰ ਵੱਲੋਂ ਰਿਸ਼ਵਤ ਮੰਗਣ ਦੀ ਆਡੀਓ ਰਿਕਾਰਡਿੰਗ ਵੀ ਪੇਸ਼ ਕੀਤੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਇੰਸਪੈਕਟਰ ਦਵਿੰਦਰ ਸਿੰਘ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਬਠਿੰਡਾ ਵਿਖੇ ਐਫ.ਆਈ.ਆਰ ਨੰਬਰ 14 ਮਿਤੀ 31-07-2023 ਦਰਜ ਕੀਤੀ ਗਈ ਹੈ। ਸਬੰਧਤ ਮਾਮਲੇ ‘ਚ ਹੋਰ ਮੁਲਾਜ਼ਮਾਂ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।