
ਗੱਟਾ ਮੁੰਡੀ ਕਾਸੂ ਵਿਖੇ ਪਏ ਪਾੜ ਨੂੰ ਜਲਦ ਪੂਰਨ ਸਬੰਧੀ ਗੱਲਬਾਤ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ।
ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਅੱਜ ਸੰਤ ਬਲਬੀਰ ਸਿੰਘ ਸੀਚੇਵਾਲ, ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਅਤੇ ਵੱਖ-ਵੱਖ ਪਿੰਡਾਂ ਤੋਂ ਆਈ ਸੰਗਤ ਦੀ ਮੌਜੂਦਗੀ ਵਿੱਚ ਉਕਤ ਕਾਰਜ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਲੋਕਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਬੰਨ੍ਹੇ ਜਾ ਰਹੇ ਬੰਨ੍ਹ ਦੇ ਕੰਮ ਦਾ ਜਾਇਜ਼ਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨਿਕ ਟੀਮਾ ਅਤੇ ਸੰਗਤ ਦੇ ਆਪਸੀ ਸਹਿਯੋਗ ਨਾਲ ਆਉਂਦੇ ਕੁਝ ਦਿਨਾਂ ਵਿੱਚ ਇਹ ਪਾੜ ਪੂਰ ਕੇ ਇਲਾਕੇ ਦੇ ਲੋਕਾਂ ਦਾ ਜੀਵਨ ਮੁੜ ਸੁਖਾਲੀ ਪਟੜੀ ’ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਹਰ ਸੰਭਵ ਮਦਦ ਲਈ ਵੱਡੇ ਪੱਧਰ ’ਤੇ ਉਪਰਾਲੇ ਕਰ ਰਹੀ ਹੈ ਅਤੇ ਇਲਾਕੇ ਵਿੱਚ ਬਿਜਲੀ ਸਪਲਾਈ ਦੀ ਬਹਾਲੀ ਦੇ ਨਾਲ-ਨਾਲ ਮੈਡੀਕਲ ਟੀਮਾ ਲਗਾਤਾਰ ਲੋਕਾਂ ਦੀ ਸਿਹਤ ਜਾਂਚ ਯਕੀਨੀ ਬਣਾ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਖੇਤਰਾਂ ਤੋਂ ਪ੍ਰਭਾਵਿਤ ਇਲਾਕਿਆਂ ਦੇ ਪਰਿਵਾਰਾਂ ਲਈ ਮਦਦ ਲੈ ਕੇ ਪਹੁੰਚ ਰਹੇ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੁਦਰਤੀ ਆਫ਼ਤ ਕਾਰਨ ਬਣੇ ਮੌਜੂਦਾ ਹਲਾਤ ’ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਜਾਵੇਗਾ।