ਹੁਣ ਹਰ ਛੇ ਮਹੀਨੇ ਬਾਅਦ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਨਾਲ ਕੀਤੀ ਜਾਵੇਗੀ ਰਾਜ ਪੱਧਰੀ ਮੀਟਿੰਗ
(Punjab Bureau) : ਪੰਜਾਬ ਰਾਜ ਦੇ ਆਸ਼ਰਿਤਾਂ ਦੀਆਂ ਮੰਗਾਂ ਦਾ ਨਿਪਟਾਰਾ ਜਲਦ ਕੀਤਾ ਜਾਵੇਗਾ। ਇਹ ਐਲਾਨ ਅੱਜ ਇੱਥੇ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕੀਤਾ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-2 ਵਿਖੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਨਾਲ ਮੰਗਾਂ ਸਬੰਧੀ ਇੱਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸ਼ਹੀਦ ਭਗਤ ਦੇ ਸੁਪਨਿਆਂ ਦਾ ਪੰਜਾਬ ਬਣਾਉਣ ਲਈ ਦ੍ਰਿੜ ਹੈ। ਉਹਨਾਂ ਕਿਹਾ ਕਿ ਸਾਡੀ ਸਰਕਾਰ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਬਣਦਾ ਮਾਨ-ਸਨਮਾਨ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਅਜੇ ਬੀਤੇ ਕੁਝ ਦਿਨ ਪਹਿਲਾਂ ਹੀ 7 ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਮਿਲ ਕੇ ਆਏ ਹਨ।
ਮੀਟਿੰਗ ਵਿੱਚ ਹਾਜ਼ਰ ਅਖਿਲ ਭਾਰਤੀ ਸੁਤੰਤਰਤਾ ਸੰਗਰਾਮੀ ਸੰਗਠਨ, ਫਰੀਡਮ ਫਾਈਨਲ ਉਤਰਾਅਧਿਕਾਰੀ ਸੰਸਥਾ (196) ਅਤੇ ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਵੱਲੋਂ ਆਪਣੀਆਂ ਸਾਰੀਆਂ ਮੰਗਾਂ ਸਬੰਧੀ ਆਜ਼ਾਦੀ ਘੁਲਾਟੀਆਂ ਬਾਰੇ ਮੰਤਰੀ ਸ. ਜੌੜਾਮਾਜਰਾ ਨੂੰ ਜਾਣੂ ਕਰਵਾਇਆ ਗਿਆ। ਮੰਗਾਂ ਸਬੰਧੀ ਸਕਾਰਾਤਮਕ ਭਰੋਸਾ ਦਿੰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਸਨਮਾਨ ਵਜੋਂ ਸਰਕਾਰ ਵੱਲੋਂ ਸਹੂਲਤਾਂ ਦਿੱਤੀਆਂ ਜਾਂਦੀਆਂ ਹਨ ਅਤੇ ਜੇਕਰ ਕਿਸੇ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤ ਪਰਿਵਾਰ ਨੂੰ ਇਹ ਸਹੂਲਤਾਂ ਪੇਸ਼ ਕਰਨ ਵਿੱਚ ਕੋਈ ਔਕੜ ਆਉਂਦੀ ਹੈ ਤਾਂ ਇਸ ਨੂੰ ਦੂਰ ਕੀਤਾ ਜਾਵੇਗਾ। ਮੀਟਿੰਗ ਦੌਰਾਨ ਸ. ਜੌੜਾਮਾਜਰਾ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਭਵਿੱਖ ਵਿੱਚ ਹਰ ਛੇ ਮਹੀਨੇ ਬਾਅਦ ਆਜ਼ਾਦੀ ਘੁਲਾਟੀਆਂ ਦੇ ਆਸ਼ਰਿਤਾਂ ਲਈ ਰਾਜ ਪੱਧਰੀ ਮੀਟਿੰਗ ਕੀਤੀ ਜਾਵੇ।
ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਜ਼ਿਲ੍ਹਾ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਨ ਕਿ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਬਣਦਾ ਸਨਮਾਨ ਦੇਣਾ ਯਕੀਨੀ ਬਣਾਇਆ ਜਾਵੇ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪੀ.ਐਸ.ਪੀ.ਸੀ.ਐਲ. ਦੇ ਚੇਅਰਮੈਨ ਸ. ਬਦਲੇਵ ਸਿੰਘ ਸਰਾਂ, ਵਿਸ਼ੇਸ਼ ਮੁੱਖ ਸਕੱਤਰ ਰਾਜੀ.ਪੀ. ਸ੍ਰੀਵਾਸਤਵਾ ਅਤੇ ਸਕੱਤਰ ਗਗਨਦੀਪ ਸਿੰਘ ਬਰਾੜ, ਅਪਨੀਤ ਰਿਆਤ ਅਤੇ ਕਈ ਹੋਰ ਅਧਿਕਾਰੀ ਹਾਜ਼ਰ ਸਨ।