ਖੇਡ ਮੰਤਰੀ ਤੇ ਸਿੱਖਿਆ ਮੰਤਰੀ ਨੇ ਸਕੂਲੀ ਖੇਡਾਂ ਤੇ ਪ੍ਰੀਖਿਆਵਾਂ ਅਨੁਸਾਰ ਖੇਡ ਮੁਕਾਬਲਿਆਂ ਦਾ ਪ੍ਰੋਗਰਾਮ ਉਲੀਕਿਆ
ਖੇਡ ਤੇ ਸਿੱਖਿਆ ਵਿਭਾਗ ਵੱਲੋਂ ਮਿਲ ਕੇ ਸਾਂਝਾ ਖੇਡ ਕੈਲੰਡਰ ਬਣਾਉਣ ਉਤੇ ਦਿੱਤਾ ਜ਼ੋਰ
(Punjab Bureau) : ਪੰਜਾਬ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਦੇ ਨਿਸ਼ਾਨੇ ਤਹਿਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਉਲੀਕੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-2 ਲਈ ਸੂਬਾ ਸਰਕਾਰ ਵੱਲੋਂ ਸਭ ਤਿਆਰੀ ਮੁਕੰਮਲ ਕਰ ਲਈ ਗਈ ਹੈ ਅਤੇ ਵੱਧ ਤੋਂ ਵੱਧ ਖਿਡਾਰੀਆਂ ਨੂੰ ਇਨ੍ਹਾਂ ਖੇਡਾਂ ਵਿੱਚ ਹਿੱਸਾ ਬਣਾਉਣ ਲਈ ਢੁੱਕਵਾਂ ਤੇ ਸਾਜਗਰ ਮਾਹੌਲ ਸਿਰਜਿਆ ਗਿਆ ਹੈ। ‘ਖੇਡਾਂ ਵਤਨ ਪੰਜਾਬ ਦੀਆਂ-2023’ ਦੇ ਬਲਾਕ, ਜ਼ਿਲਾ ਤੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਖਿਡਾਰੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦੋਵਾਂ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਾਂਝੀ ਮੀਟਿੰਗ ਕੀਤੀ ਗਈ।ਦੋਵਾਂ ਕੈਬਨਿਟ ਮੰਤਰੀਆਂ ਦੇ ਨਿਰਦੇਸ਼ਾਂ ਉਤੇ ਸਕੂਲੀ ਖੇਡਾਂ ਤੇ ਸਕੂਲੀ ਪ੍ਰੀਖਿਆਵਾਂ ਅਨੁਸਾਰ ਖੇਡ ਮੁਕਾਬਲਿਆਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ ਤਾਂ ਜੋ ਵਿਦਿਆਰਥੀਆਂ ਨੂੰ ਖੇਡਾਂ ਤੇ ਪ੍ਰੀਖਿਆਵਾਂ ਲਈ ਬਰੋ-ਬਰਾਬਰ ਸਮਾਂ ਮਿਲ ਸਕੇ।

Meet Hayer and Harjot Singh Bains invite maximum players to participate in Khedan Watan Punjab Diyan
ਖੇਡ ਮੰਤਰੀ ਮੀਤ ਹੇਅਰ ਨੇ ਦੱਸਿਆ ਕਿ 35 ਖੇਡਾਂ ਲਈ ਅੱਠ ਉਮਰ ਵਰਗਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਅਤੇ ਛੋਟੇ ਉਮਰ ਵਰਗਾਂ ਵਿੱਚ ਸਕੂਲੀ ਵਿਦਿਆਰਥੀ ਹੋਣ ਕਰਕੇ ਅੱਜ ਫੈਸਲਾ ਕੀਤਾ ਗਿਆ ਕਿ ਖੇਡ ਤੇ ਸਿੱਖਿਆ ਵਿਭਾਗ ਵੱਲੋਂ ਮਿਲ ਕੇ ਸਾਂਝਾ ਖੇਡ ਕੈਲੰਡਰ ਬਣਾਉਣ। ਉਨ੍ਹਾਂ ਕਿਹਾ ਕਿ ਸਕੂਲੀ ਪ੍ਰੀਖਿਆਵਾਂ ਦੇ ਹਿਸਾਬ ਨਾਲ ਪ੍ਰੋਗਰਾਮ ਉਲੀਕਿਆ ਗਿਆ ਹੈ ਹੁਣ ਬਲਾਕ ਪੱਧਰੀ ਟੂਰਨਾਮੈਂਟ 31 ਅਗਸਤ ਤੋਂ 9 ਸਤੰਬਰ, ਜ਼ਿਲਾ ਪੱਧਰੀ ਟੂਰਨਾਮੈਂਟ 26 ਸਤੰਬਰ ਤੋਂ 5 ਅਕਤੂਬਰ ਅਤੇ ਸੂਬਾ ਪੱਧਰੀ ਟੂਰਨਾਮੈਂਟ 10 ਤੋਂ 25 ਅਕਤੂਬਰ ਤੱਕ ਹੋਣਗੇ। ਛੋਟੇ ਉਮਰ ਵਰਗਾਂ ਦੇ ਬਲਾਕ ਮੁਕਾਬਲੇ ਅਗਲੀਆਂ ਤਰੀਕਾਂ ਵਿੱਚ ਹੋਣਗੇ ਅਤੇ ਜ਼ਿਲਾ ਮੁਕਾਬਲੇ ਅਖਰੀਲੀਆਂ ਤਰੀਕਾਂ ਵਿੱਚ ਹੋਣਗੇ ਤਾਂ ਜੋ ਖਿਡਾਰੀਆਂ ਦੀ ਪੜ੍ਹਾਈ ਦਾ ਨੁਕਸਾਨ ਵੀ ਨਾ ਹੋਵੇ ਅਤੇ ਪ੍ਰੀਖਿਆ ਦੀ ਤਿਆਰੀ ਕਰ ਸਕਣ।ਕੌਮੀ ਖੇਡ ਦਿਵਸ ਵਾਲੇ ਦਿਨ 29 ਅਗਸਤ ਨੂੰ ਬਠਿੰਡਾ ਵਿਖੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਖੇਡਾਂ ਦਾ ਉਦਘਾਟਨ ਕਰਨਗੇ।
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਖੇਡਾਂ ਦੇ ਮੁਕਾਬਲਿਆਂ ਦੀਆਂ ਤਰੀਕਾਂ ਅਨੁਸਾਰ ਹੀ ਸਿੱਖਿਆ ਵਿਭਾਗ ਵੱਲੋਂ ਪ੍ਰੀਖਿਆਵਾਂ ਦੀ ਡੇਟਸ਼ੀਟ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀਆਂ ਖੇਡਾਂ ਵਿੱਚ ਹਿੱਸਾ ਲੈ ਸਕਣ।ਉਨ੍ਹਾਂ ਕਿਹਾ ਕਿ ਬਲਾਕ ਤੇ ਜ਼ਿਲਾ ਪੱਧਰੀ ਮੁਕਾਬਲਿਆਂ ਦੇ ਦਰਮਿਆਨ ਸਮੇਂ ਦੌਰਾਨ ਪ੍ਰੀਖਿਆਵਾਂ ਲਈਆਂ ਜਾਣਗੀਆਂ। ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਸਰਵਜੀਤ ਸਿੰਘ, ਸਕੱਤਰ ਸਕੂਲ ਸਿੱਖਿਆ ਕੇ.ਕੇ.ਯਾਦਵ, ਵਿਸ਼ੇਸ਼ ਸਕੱਤਰ ਖੇਡਾਂ ਆਨੰਦ ਕੁਮਾਰ, ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ (ਫਿਜੀਕਲ ਐਜੂਕੇਸ਼ਨ) ਸੁਨੀਲ ਕੁਮਾਰ ਤੇ ਖੇਡ ਵਿਭਾਗ ਦੇ ਡਿਪਟੀ ਡਾਇਰੈਕਟਰ ਪਰਮਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ।