ਕਟਾਰੂਚੱਕ ਨੇ ਆਪਣੇ ਖ਼ਿਲਾਫ਼ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਐਸਆਈਟੀ ਜਾਂਚ ਨੂੰ ਪਟੜੀ ਤੋਂ ਉਤਾਰਨ ਲਈ ਆਪਣੇ ਪ੍ਰਭਾਵ ਦੀ ਦੁਰਵਰਤੋਂ ਕੀਤੀ ਸੀ: ਵਿਰੋਧੀ ਧਿਰ ਦੇ ਆਗੂ
(Punjab Bureau) : ਪਠਾਨਕੋਟ ਜ਼ਮੀਨ ਘੁਟਾਲੇ ਵਿੱਚ ਨਾਮ ਆਉਣ ਤੋਂ ਬਾਅਦ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੰਗਲਵਾਰ ਨੂੰ ਕਿਹਾ ਕਿ ਇਸ ਮਾਮਲੇ ਦੀ ਪੂਰੀ ਅਤੇ ਨਿਰਪੱਖ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ। ਸੀਨੀਅਰ ਕਾਂਗਰਸੀ ਆਗੂ ਬਾਜਵਾ ਨੇ ਇੱਕ ਖ਼ਬਰ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਕਟਾਰੂਚੱਕ ਨੇ ਹੀ ਇਸੇ ਘੁਟਾਲੇ ਵਿਚ ਸ਼ਾਮਲ ਦਾਗ਼ੀ ਡੀਡੀਪੀਓ ਕੁਲਦੀਪ ਸਿੰਘ ਨੂੰ ਪਠਾਨਕੋਟ ਦੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕਰਨ ਵਿਚ ਕਥਿਤ ਤੌਰ ‘ਤੇ ਮਦਦ ਕੀਤੀ ਸੀ। ਖ਼ਬਰਾਂ ਅਨੁਸਾਰ, ਉਪਰੋਕਤ ਪੋਸਟਿੰਗ ਨੂੰ ਸੁਵਿਧਾਜਨਕ ਬਣਾਉਣ ਲਈ, ਕਟਾਰੂਚੱਕ ਨੇ ਤਤਕਾਲੀ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਇੱਕ ਅਰਧ-ਸਰਕਾਰੀ (ਡੀਓ) ਪੱਤਰ ਲਿਖਿਆ।
ਉਨ੍ਹਾਂ ਕਿਹਾ ਕਿ ਇਹੀ ਉਦਾਹਰਨ ਇਹ ਸਾਬਤ ਕਰਦੀ ਹੈ ਕਿ ਕਟਾਰੂਚੱਕ ਦਾਗ਼ੀ ਡੀਡੀਪੀਓ ਨਾਲ ਮਿਲ ਕੇ ਕੰਮ ਕਰ ਰਿਹਾ ਸੀ, ਇਸ ਲਈ ਕੈਬਨਿਟ ਮੰਤਰੀ ਵੱਲੋਂ ਪਠਾਨਕੋਟ ਜ਼ਮੀਨ ਘੁਟਾਲੇ ਦੀ ਜਾਂਚ ਵਿਚ ਵਿਘਨ ਪਾਉਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਬਾਜਵਾ ਨੇ ਕਿਹਾ ਕਿ ਜਾਂਚ ਪੂਰੀ ਹੋਣ ਤੱਕ ਉਨ੍ਹਾਂ ਨੂੰ ਘੱਟੋ-ਘੱਟ ਸਰਕਾਰੀ ਕੰਮਕਾਜ ਤੋਂ ਦੂਰ ਰਹਿਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਕਟਾਰੂਚੱਕ ‘ਤੇ ਜਿਨਸੀ ਸ਼ੋਸ਼ਣ ਦੇ ਦੋਸ਼ ਲੱਗਣ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਵੱਲੋਂ ਕੀਤੀ ਜਾ ਰਹੀ ਜਾਂਚ ਨੂੰ ਪਟੜੀ ਤੋਂ ਉਤਾਰਨ ਲਈ ਆਪਣੇ ਪ੍ਰਭਾਵ ਦੀ ਦੁਰਵਰਤੋਂ ਕੀਤੀ। ਨਤੀਜੇ ਵਜੋਂ, ਪੀੜਤ ਮੁੱਕਰ ਗਿਆ ਅਤੇ ਆਪਣੀ ਸ਼ਿਕਾਇਤ ਵਾਪਸ ਲੈ ਲਈ।
ਬਾਜਵਾ ਨੇ ਅੱਗੇ ਕਿਹਾ ਕਿ ਗੰਭੀਰ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਨੇ ਪੀੜਤ ਅਤੇ ਉਸ ਦੇ ਪਰਿਵਾਰ ‘ਤੇ ਸ਼ਿਕਾਇਤ ਵਾਪਸ ਲੈਣ ਲਈ ਨਾਜਾਇਜ਼ ਤੋਰ ‘ਤੇ ਦਬਾਅ ਪਾਇਆ, ਹਾਲਾਂਕਿ ਪੰਜਾਬ ਦੇ ਰਾਜਪਾਲ ਵੱਲੋਂ ਕਾਰਵਾਈ ਗਈ ਫੋਰੈਂਸਿਕ ਜਾਂਚ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਿਨਸੀ ਸ਼ੋਸ਼ਣ ਦੀ ਵੀਡੀਓ ਨਾਲ ਛੇੜਛਾੜ ਨਹੀਂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਜੋ ਆਪਣੇ ਆਪ ਨੂੰ ਇਮਾਨਦਾਰੀ ਦਾ ਝੰਡਾ ਧਾਰਕ ਮੰਨਦੇ ਹਨ, ਨੂੰ ਇਸ ਦਾ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ ਅਤੇ ਕਟਾਰੂਚੱਕ ਨੂੰ ਆਪਣਾ ਅਹੁਦਾ ਛੱਡਣ ਲਈ ਮਜਬੂਰ ਕਰਨਾ ਚਾਹੀਦਾ ਹੈ। ਇਸ ਦੌਰਾਨ ਇੱਕ ਹੋਰ ਗ਼ਲਤ ਕੰਮ ‘ਚ ਕਟਾਰੂਚੱਕ ਦਾ ਨਾਂ ਸਾਹਮਣੇ ਆਇਆ ਹੈ। ਉਨ੍ਹਾਂ ਦੇ ਪਿਛਲੇ ਰਿਕਾਰਡ ਨੂੰ ਧਿਆਨ ਵਿੱਚ ਰੱਖਦੇ ਹੋਏ, ਕੇਂਦਰੀ ਏਜੰਸੀ ਦੁਆਰਾ ਨਿਰਪੱਖ ਜਾਂਚ ਸ਼ੁਰੂ ਹੋਣ ਤੋਂ ਪਹਿਲਾਂ ਉਨ੍ਹਾਂ ਨੂੰ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ। ਬਾਜਵਾ ਨੇ ਕਿਹਾ ਕਿ ਜੇਕਰ ਜਾਂਚ ਸੂਬਾ ਸਰਕਾਰ ਦੀ ਕਿਸੇ ਏਜੰਸੀ ਵੱਲੋਂ ਕੀਤੀ ਜਾਂਦੀ ਹੈ ਤਾਂ ਉਹ ਜਾਂਚ ਨੂੰ ਆਪਣੇ ਪੱਖ ‘ਚ ਕਰਨ ਲਈ ਹਰ ਤਰਾਂ ਦੇ ਹੱਥਕੰਡੇ ਅਪਣਾਉਣਗੇ।