ਮੁੱਖ ਸਕੱਤਰ ਨੇ ਸਮੂਹ ਡੀ.ਸੀਜ਼ ਨੂੰ ਗਿਰਦਾਵਰੀ ਤੇ ਮੁਆਵਜ਼ਾ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਕਿਹਾ
(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਸੂਬਾ ਸਰਕਾਰ ਹੜ੍ਹਾਂ ਦੀ ਮੁਸ਼ਕਲ ਘੜੀ ਵਿੱਚ ਆਪਣੇ ਲੋਕਾਂ ਨਾਲ ਖੜੀ ਹੈ ਅਤੇ ਸੂਬਾ ਵਾਸੀਆਂ ਦੇ ਨੁਕਸਾਨ ਦੀ ਪੂਰੀ ਪੂਰਤੀ ਕਰਨ ਲਈ ਵਚਨਬੱਧ ਹੈ। ਇਹ ਗੱਲ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਅੱਜ ਉਚ ਅਧਿਕਾਰੀਆਂ ਨੂੰ ਨਾਲ ਲੈ ਕੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਵੀਡਿਓ ਕਾਨਫਰਸਿੰਗ ਦੌਰਾਨ ਕਹੀ।

Punjab Chief Secretary Mr. Anurag Verma
ਮੁੱਖ ਸਕੱਤਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਮੁੱਖ ਮੰਤਰੀ ਵੱਲੋਂ 15 ਅਗਸਤ ਤੱਕ ਵਿਸ਼ੇਸ਼ ਗਿਰਦਾਵਰੀ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਇਹ ਕੰਮ ਸਮੇਂ ਸਿਰ ਮੁਕੰਮਲ ਕੀਤਾ ਜਾਵੇ। ਉਨਾਂ ਕਿਹਾ ਕਿ ਫੀਲਡ ਵਿੱਚ ਗਿਰਦਾਵਰੀ ਦਾ ਕੰਮ ਪੂਰੀ ਨਿਰਪੱਖਤਾ ਤੇ ਪਾਰਦਰਸ਼ਤਾ ਨਾਲ ਹੋਣਾ ਚਾਹੀਦਾ ਹੈ ਅਤੇ ਕੋਈ ਵੀ ਅਸਲ ਪੀੜਤ ਵਾਂਝਾ ਨਹੀਂ ਰਹਿਣਾ ਚਾਹੀਦਾ। ਡਿਪਟੀ ਕਮਿਸ਼ਨਰ ਇਹ ਵੀ ਯਕੀਨੀ ਬਣਾਉਣ ਕਿ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਗਿਰਦਾਵਰੀ ਦਾ ਕੰਮ ਅਸਲ ਨੁਕਸਾਨ ਵਾਲੀ ਥਾਂ ਉਤੇ ਜਾ ਕੇ ਮੌਕੇ ’ਤੇ ਕੀਤਾ ਜਾਵੇ। ਡਿਪਟੀ ਕਮਿਸ਼ਨਰ ਤੇ ਐਸ.ਡੀ.ਐਮ. ਖੁਦ ਫੀਲਡ ਦਾ ਦੌਰਾ ਕਰਨ। ਇਸ ਤੋਂ ਇਲਾਵਾ ਲੋਕਾਂ ਦੇ ਜਾਨੀ ਤੇ ਮਾਲੀ ਨੁਕਸਾਨ ਦਾ ਮੁਆਵਜ਼ਾ ਤੁਰੰਤ ਦਿੱਤਾ ਜਾਵੇ। ਉਨ੍ਹਾਂ ਜ਼ਿਲਾ ਵਾਰ ਡਿਪਟੀ ਕਮਿਸ਼ਨਰਾਂ ਤੋਂ ਮੁਆਵਜ਼ੇ ਅਤੇ ਗਿਰਦਾਵਰੀ ਦੇ ਕੰਮ ਦੀ ਰਿਪੋਰਟ ਲੈਂਦਿਆਂ ਪੈਂਡਿੰਗ ਮੁਆਵਜ਼ੇ ਦੇ ਕੇਸਾਂ ਨੂੰ ਤੁਰੰਤ ਨਿਪਟਾਉਣ ਲਈ ਕਿਹਾ।
ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਹੜ੍ਹਾਂ ਕਾਰਨ ਨੁਕਸਾਨਗ੍ਰਸਤ ਹੋਈ ਝੋਨੇ ਦੀ ਫਸਲ ਵਾਲੇ ਕਿਸਾਨਾਂ ਨੂੰ ਸੂਬਾ ਸਰਕਾਰ ਵੱਲੋਂ ਮੁਫਤ ਪਨੀਰੀ ਦਿੱਤੀ ਜਾ ਰਹੀ ਹੈ। ਉਨਾਂ ਡਿਪਟੀ ਕਮਿਸ਼ਨਰਾਂ ਨੂੰ ਆਖਿਆ ਕਿ ਜਿੱਥੇ ਕਿਤੇ ਵੀ ਪਨੀਰੀ ਦੀ ਉਪਲੱਬਧਤਾ ਵਿੱਚ ਦਿੱਕਤ ਆਉਦੀ ਹੈ ਤਾਂ ਤੁਰੰਤ ਖੇਤੀਬਾੜੀ ਵਿਭਾਗ ਨਾਲ ਰਾਬਤਾ ਕਾਇਮ ਕੀਤਾ ਜਾਵੇ। ਇਸ ਸਬੰਧੀ ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ ਨੋਡਲ ਅਫਸਰ ਹਨ। ਉਨ੍ਹਾਂ ਸਾਰੇ ਜ਼ਿਲਿਆਂ ਨੂੰ ਗਿਰਦਾਵਰੀ, ਮੁਆਵਜ਼ੇ ਅਤੇ ਨੁਕਸਾਨ ਦੀਆਂ ਪ੍ਰਗਤੀ ਰਿਪੋਰਟਾਂ ਰੋਜ਼ਾਨਾ ਹੈਡਕੁਆਟਰ ਉਤੇ ਭੇਜਣ ਨੂੰ ਕਿਹਾ।
ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਏ.ਪੀ.ਸਿਨਹਾ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਡੀ.ਕੇ.ਤਿਵਾੜੀ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਸਕੱਤਰ ਲੋਕ ਨਿਰਮਾਣ ਨੀਲ ਕੰਠ ਅਵਹਾਡ, ਸਕੱਤਰ ਸੂਚਨਾ ਤੇ ਲੋਕ ਸੰਪਰਕ ਮਾਲਵਿੰਦਰ ਸਿੰਘ ਜੱਗੀ, ਸਕੱਤਰ ਖੇਤੀਬਾੜੀ ਅਰਸ਼ਦੀਪ ਸਿੰਘ ਥਿੰਦ, ਡਾਇਰੈਕਟਰ ਜਨਰਲ ਸਕੂਲ ਸਿੱਖਿਆ ਵਿਨੇ ਬੁਬਲਾਨੀ, ਪੀ.ਐਸ.ਪੀ.ਸੀ.ਐਲ. ਦੇ ਸੀ.ਐਮ.ਡੀ. ਇੰਜਨੀਅਰ ਬਲਦੇਵ ਸਿੰਘ ਸਰਾਂ ਹਾਜ਼ਰ ਸਨ।