ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੇਚਸ (ਡਾਈਰੀਆ )ਤੋਂ ਪੀੜਤ ਲੋਕਾਂ ਨੂੰ ਮੁਫ਼ਤ ਮਿਆਰੀ ਇਲਾਜ ਦੇਣ ਲਈ ਵਚਨਬੱਧ
ਸਿਹਤ ਟੀਮਾਂ ਵੱਲੋਂ ਵੰਡੀਆਂ ਜਾ ਰਹੀਆਂ ਹਨ ਕਲੋਰੀਨ ਦੀਆਂ ਗੋਲੀਆਂ ਅਤੇ ਭੇਜੇ ਜਾ ਰਹੇ ਹਨ ਪੀਣ ਵਾਲੇ ਸਾਫ਼ ਪਾਣੀ ਦੇ ਟੈਂਕਰ : ਡਾਕਟਰ ਬਲਬੀਰ ਸਿੰਘ
(Punjab Bureau) : ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਕੁਝ ਹਿੱਸਿਆਂ ਵਿੱਚ ਪੇਚਸ (ਡਾੲਰੀਆ) ਦੇ ਪ੍ਰਕੋਪ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਮੋਹਾਲੀ ਸਥਿਤ ਡਾ.ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਖੇ ਪੇਚਸ ਦੇ ਮਰੀਜ਼ਾਂ ਲਈ ਬਣਾਏ ਗਏ ਵਿਸ਼ੇਸ਼ ਵਾਰਡ ਦਾ ਅਚਨਚੇਤ ਦੌਰਾ ਕਰਕੇ ਉਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

PUNJAB HEALTH MINISTER CONDUCTS SURPRISE INSPECTION AT DIARRHOEA WARD OF AIMS MOHALI
ਸਿਹਤ ਮੰਤਰੀ ਨੇ ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦਾ ਹਾਲ-ਚਾਲ ਜਾਣਨ ਤੋਂ ਇਲਾਵਾ ਉਹਨਾਂ ਤੋਂ ਫੀਡਬੈਕ ਵੀ ਲਿਆ ਤਾਂ ਜੋ ਮਰੀਜ਼ਾਂ ਨੂੰ ਮਿਆਰੀ ਇਲਾਜ ਯਕੀਨੀ ਬਣਾਇਆ ਜਾ ਸਕੇ । ਇਸ ਮੌਕੇ ਉਨ੍ਹਾਂ ਨਾਲ ਸਿਹਤ ਸੇਵਾਵਾਂ ਦੇ ਡਾਇਰੈਕਟਰ ਡਾ: ਆਦਰਸ਼ਪਾਲ ਕੌਰ, ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਰਵਿੰਦਰਪਾਲ ਕੌਰ ਅਤੇ ਏ.ਆਈ.ਐਮ.ਐਸ. ਮੁਹਾਲੀ ਦੇ ਪ੍ਰਿੰਸੀਪਲ ਡਾ: ਭਵਨੀਤ ਭਾਰਤੀ ਵੀ ਹਾਜ਼ਰ ਸਨ।
ਡਾ: ਬਲਬੀਰ ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਪੇਚਸ ਦੇ ਮਰੀਜਾਂ ਦੀ ਸਹੀ ਦੇਖਭਾਲ ਨੂੰ ਯਕੀਨੀ ਬਣਾਉਣ ਲਈ ਇੱਕ ਸਮਰਪਿਤ ਵਾਰਡ ਸਥਾਪਿਤ ਕੀਤਾ ਗਿਆ ਹੈ ਅਤੇ ਪੰਜਾਬ ਸਰਕਾਰ ਵੱਲੋਂ ਦਸਤ ਤੋਂ ਪੀੜਤ ਲੋਕਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਕੁਝ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਵੀ ਸ਼ਨਾਖਤ ਕੀਤੀ ਗਈ ਹੈ, ਜਿੱਥੇ ਪੇਚਸ ਫੈਲਣ ਦਾ ਖ਼ਦਸ਼ਾ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਪ੍ਰਭਾਵਿਤ ਲੋਕਾਂ ਨੂੰ ਕਲੋਰੀਨ ਦੀਆਂ ਗੋਲੀਆਂ ਮੁਹੱਈਆ ਕਰਵਾ ਰਹੀਆਂ ਹਨ। ਉਹਨਾਂ ਕਿਹਾ , “ਕਲੋਰੀਨ ਦੀਆਂ ਗੋਲੀਆਂ ਵੰਡਣ ਤੋਂ ਇਲਾਵਾ, ਅਸੀਂ ਅਜਿਹੇ ਖੇਤਰਾਂ ਵਿੱਚ ਟੈਂਕਰਾਂ ਰਾਹੀਂ ਪੀਣ ਯੋਗ ਪਾਣੀ ਦੀ ਸਪਲਾਈ ਵੀ ਕਰ ਰਹੇ ਹਾਂ।”
ਸਿਹਤ ਮੰਤਰੀ ਨੇ ਸਮੂਹ ਲੋਕਾਂ ਨੂੰ ਇਹ ਵੀ ਬੇਨਤੀ ਕੀਤੀ ਕਿ ਜੇਕਰ ਕਿਸੇ ਨੂੰ ਵੀ ਬੁਖਾਰ ਜਾਂ , ਵਾਰ-ਵਾਰ ਪਤਲੇ ਦਸਤ ਹੋਣ ਵਰਗੇ ਲੱਛਣ ਹੋਣ ਤਾਂ ਤੁਰੰਤ ਸਿਵਲ ਸਰਜਨ ਜਾਂ ਕਿਸੇ ਸਿਹਤ ਅਧਿਕਾਰੀ ਨੂੰ ਸੂਚਿਤ ਕੀਤਾ ਜਾਵੇ ਤਾਂ ਜੋ ਸਿਹਤ ਟੀਮਾਂ ਵਲੋਂ ਤੁਰੰਤ ਕਲੋਰੀਨ ਦੀਆਂ ਗੋਲੀਆਂ ਮੁਹੱਈਆ ਕਰਵਾਈਆਂ ਜਾਣ ਅਤੇ ਪੀਣ ਵਾਲੇ ਪਾਣੀ ਦੇ ਟੈਂਕਰ ਭੇਜਣ ਤੋਂ ਇਲਾਵਾ ਸਿਵਲ ਹਸਪਤਾਲ ਵਿੱਚ ਮਰੀਜ਼ ਦਾ ਮੁਫਤ ਇਲਾਜ ਕੀਤਾ ਜਾ ਸਕੇ।
ਉਨ੍ਹਾਂ ਰਾਜ ਦੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਪਾਣੀ ਦੀ ਜਾਂਚ ਕਰਵਾਉਣ ਲਈ ਸਿਹਤ ਟੀਮਾਂ ਦਾ ਸਹਿਯੋਗ ਕਰਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਨ੍ਹਾਂ ਨੂੰ ਪੀਣ ਵਾਲਾ ਸਾਫ਼ ਪਾਣੀ ਮਿਲ ਰਿਹਾ ਹੈ ।
ਜ਼ਿਕਰਯੋਗ ਹੈ ਕਿ ਸਿਹਤ ਮੰਤਰੀ ਨੇ ਲੋਕਾਂ ਨੂੰ ਪਾਣੀ ਤੋਂ ਹੋਣ ਵਾਲੀਆਂ ਅਤੇ ਮੱਛਰ-ਮੱਖੀਆਂ ਤੋਂ ਹੋਣ ਵਾਲੀਆਂ ਬਿਮਾਰੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਦੀ ਮਦਦ ਕਰਨ ਦਾ ਵੀ ਸੱਦਾ ਦਿੱਤਾ।