– 4 ਗਲਾਕ ਪਿਸਤੌਲਾਂ, 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਸਮੇਤ ਦੋ ਕਾਬੂ
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
– ਬਰਾਮਦ ਕੀਤੇ ਗਲਾਕ ਪਿਸਤੌਲਾਂ ਵਿੱਚੋਂ ਇੱਕ ‘ਤੇ ਲਿਖਿਆ ਸੀ ‘ਮੇਡ ਫਾਰ ਨਾਟੋ ਆਰਮੀ’: ਡੀਜੀਪੀ ਗੌਰਵ ਯਾਦਵ
– ਗ੍ਰਿਫ਼ਤਾਰ ਦੋਸ਼ੀ ਹਰਪ੍ਰੀਤ ਹੈਪੀ ਨੇ ਹਥਿਆਰਾਂ ਦੀਆਂ ਕਈ ਖੇਪਾਂ ਅਪਰਾਧਿਕ ਤੱਤਾਂ ਤੱਕ ਪਹੁੰਚਾਈਆਂ ਸਨ: ਐਸਐਸਪੀ ਗੌਰਵ ਤੂਰਾ
ਚੰਡੀਗੜ੍ਹ/ਤਰਨਤਾਰਨ, 30 ਅਗਸਤ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਅਧਾਰਿਤ ਹਥਿਆਰ ਤਸਕਰੀ ਕਰਨ ਵਾਲੇ ਮਾਡਿਊਲ ਦੇ ਦੋ ਕਾਰਕੁਨਾਂ ਨੂੰ ਤਰਨਤਾਰਨ ਦੇ ਸ਼ੇਰੋਂ ਖੇਤਰ ਵਿੱਚੋਂ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਆਪਰੇਸ਼ਨ ਦੌਰਾਨ ਪੁਲਿਸ ਟੀਮਾਂ ਵੱਲੋਂ ਚਾਰ ਆਧੁਨਿਕ ਗਲਾਕ-19 ਪਿਸਤੌਲਾਂ, ਜਿਹਨਾਂ ਵਿੱਚੋਂ ਇਕ ‘ਤੇ ‘ਮੇਡ ਫਾਰ ਨਾਟੋ ਆਰਮੀ’ ਲਿਖਿਆ ਸੀ ਸਮਤੇ ਚਾਰ ਮੈਗਜ਼ੀਨਾਂ ਅਤੇ ਸੱਤ ਜਿੰਦਾ ਕਾਰਤੂਸ ਬਰਾਮਦ ਕਰਨ ਦੇ ਨਾਲ ਨਾਲ 4.8 ਲੱਖ ਰੁਪਏ ਦੀ ਹਵਾਲਾ ਰਾਸ਼ੀ ਵੀ ਬਰਾਮਦ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਟੀਮਾਂ ਨੇ ਮਾਰੂਤੀ ਸਵਿਫਟ ਕਾਰ, ਜਿਸ ਵਿੱਚ ਦੋਸ਼ੀ ਜਾ ਰਹੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਚੱਪਾ ਰਾਮ ਸਿੰਘ, ਜੰਡਿਆਲਾ ਗੁਰੂ ਅਤੇ ਲਵਪ੍ਰੀਤ ਸਿੰਘ ਵਾਸੀ ਬਾਸਰਕੇ, ਖਾਲੜਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ ਅਤੇ ਉਨ੍ਹਾਂ ਵਿਰੁੱਧ ਐਨਡੀਪੀਐਸ ਐਕਟ ਨਾਲ ਸਬੰਧਤ ਕੇਸ ਦਰਜ ਹਨ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਹਰਪ੍ਰੀਤ ਸਿੰਘ ਪਾਕਿਸਤਾਨ ਅਧਾਰਿਤ ਤਸਕਰ, ਜੋ ਡਰੋਨ ਰਾਹੀਂ ਸਰਹੱਦ ਪਾਰੋਂ ਨਸ਼ੇ ਅਤੇ ਹਥਿਆਰਾਂ ਦੀ ਖੇਪ ਭੇਜਦਾ ਸੀ, ਦੇ ਸਿੱਧੇ ਸੰਪਰਕ ਵਿੱਚ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸੀਨੀਅਰ ਪੁਲਿਸ ਕਪਤਾਨ (ਐਸਐਸਪੀ), ਤਰਨਤਾਰਨ ਗੌਰਵ ਤੂਰਾ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਤਰਨਤਾਰਨ ਦੀ ਪੁਲਿਸ ਟੀਮ ਸ਼ੇਰੋਂ ਨੇੜੇ ਸ਼ੱਕੀ ਵਾਹਨਾਂ ਦੀ ਚੈਕਿੰਗ ਕਰ ਰਹੀ ਸੀ। ਇਸ ਦੌਰਾਨ ਮਾਰੂਤੀ ਸੁਜ਼ੂਕੀ ਸਵਿਫਟ ਕਾਰ ਬੜੀ ਤੇਜ਼ ਰਫ਼ਤਾਰ ਨਾਲ ਆ ਰਹੀ ਸੀ। ਟੀਮ ਵੱਲੋਂ ਟਾਰਚ ਲਾਈਟ ਦੀ ਵਰਤੋਂ ਨਾਲ ਕਾਰ ਨੂੰ ਰੋਕਣ ਦਾ ਇਸ਼ਾਰਾ ਕੀਤਾ ਪਰ ਕਾਰ ਸਵਾਰਾਂ ਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਨਤੀਜੇ ਵਜੋਂ ਉਨ੍ਹਾਂ ਦੀ ਕਾਰ ਨਾਕੇ ‘ਤੇ ਲੱਗੇ ਬੈਰੀਕੇਡਾਂ ਨਾਲ ਟਕਰਾ ਗਈ। ਉਨ੍ਹਾਂ ਅੱਗੇ ਦੱਸਿਆ ਕਿ ਕਾਰ ਵਿੱਚ ਬੈਠੇ ਦੋ ਵਿਅਕਤੀਆਂ ਨੂੰ ਘੇਰ ਲਿਆ ਗਿਆ ਅਤੇ ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਹਥਿਆਰ ਅਤੇ ਹਵਾਲਾ ਰਾਸ਼ੀ ਬਰਾਮਦ ਕੀਤੀ ਗਈ।
ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਫਰੀਦਕੋਟ ਜੇਲ ‘ਚ ਕੈਦ ਦੌਰਾਨ ਹਰਪ੍ਰੀਤ ਹੈਪੀ ਕੁਝ ਤਸਕਰਾਂ ਦੇ ਸੰਪਰਕ ਵਿੱਚ ਆਇਆ ਸੀ ਅਤੇ ਇਨ੍ਹਾਂ ਨੇ ਉਸ ਦੀ ਜਾਣ-ਪਛਾਣ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਨਾਲ ਕਰਵਾਈ ਸੀ।
ਐਸਐਸਪੀ ਨੇ ਦੱਸਿਆ ਕਿ ਪੜਤਾਲ ਦੌਰਾਨ ਇਹ ਗੱਲ ਵੀ ਸਾਹਮਣੇ ਆਈ ਹੈ ਕਿ ਮੁਲਜ਼ਮ ਹਰਪ੍ਰੀਤ ਹੈਪੀ ਨੇ ਹਥਿਆਰਾਂ ਦੀਆਂ ਕਈ ਖੇਪਾਂ ਅਪਰਾਧਿਕ ਤੱਤਾਂ ਤੱਕ ਪਹੁੰਚਾਈਆਂ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਐਫਆਈਆਰ ਨੰ. 114 ਮਿਤੀ 29.08.2024 ਨੂੰ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 111, ਅਸਲਾ ਐਕਟ ਦੀ ਧਾਰਾ 25(6) ਅਤੇ 25(7) ਅਤੇ ਐਨਡੀਪੀਐਸ ਐਕਟ ਦੀ ਧਾਰਾ 27ਏ ਤਹਿਤ ਥਾਣਾ ਸਰਹਾਲੀ, ਤਰਨਤਾਰਨ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।