(Punjab Bureau) : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਤਾਇਨਾਤ ਇੱਕ ਅਟੈਂਡੈਂਟ ਇਮਰਾਨ ਨੂੰ 6000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਮੁਲਜ਼ਮ ਨੂੰ ਨਾਜਮ ਵਾਸੀ ਮੁਹੱਲਾ ਖੁਸ਼ਹਾਲ ਬਸਤੀ ਮਾਲੇਰਕੋਟਲਾ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਮੁਲਜ਼ਮ ਇਮਰਾਨ, ਜੋ ਕਿ ਡਾਕਟਰ ਚਮਨਜੋਤ ਸਿੰਘ ਦੇ ਨਾਲ ਬਤੌਰ ਅਟੈਂਡੈਂਟ ਤਾਇਨਾਤ ਹੈ, ਨੇ ਉਸਦੀ ਪਤਨੀ ਦੇ ਪਿੱਤੇ ਦੇ ਆਪ੍ਰੇਸ਼ਨ ਦੀ ਤਾਰੀਕ ਪਹਿਲਾਂ ਕਰਨ ਬਦਲੇ 6000 ਰੁਪਏ ਰਿਸ਼ਵਤ ਮੰਗੀ ਸੀ।
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਕ ਲਗਾਇਆ ਅਤੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 6000 ਰੁਪਏ ਰਿਸ਼ਵਤ ਲੈਂਦਿਆਂ ਉਕਤ ਅਟੈਂਡੈਂਟ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਇਮਰਾਨ ਦੇ ਖਿਲਾਫ਼ ਵਿਜੀਲੈਂਸ ਬਿਊਰੋ, ਲੁਧਿਆਣਾ ਦੀ ਆਰਥਿਕ ਅਪਰਾਧ ਸ਼ਾਖਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਐਫ.ਆਈ.ਆਰ. ਨੰਬਰ 12 ਮਿਤੀ 08-08-2023 ਦਰਜ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।