– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ
– ਹੈਪੀ ਪਾਸੀਆ ਅਤੇ ਹਰਵਿੰਦਰ ਰਿੰਦਾ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾ ਰਹੇ ਸਨ: ਡੀਜੀਪੀ ਗੌਰਵ ਯਾਦਵ
– ਪੁਲਿਸ ਨੇ ਯੂ.ਏ.ਪੀ.ਏ. ਦੀਆਂ ਧਾਰਾਵਾਂ ਤਹਿਤ ਕੀਤਾ ਮਾਮਲਾ ਦਰਜ, ਅਗਲੇਰੀ ਜਾਂਚ ਜਾਰੀ
ਚੰਡੀਗੜ੍ਹ, 7 ਮਾਰਚ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਮਾਡਿਊਲ ਨੂੰ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ, ਜੋ ਅੱਤਵਾਦੀ ਨਾਮੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਹਿਯੋਗੀ ਹੈ ਅਤੇ ਉਸ ਦੇ ਸਾਥੀ, ਜਿਸ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਵਜੋਂ ਹੋਈ ਹੈ ਅਤੇ ਜੋ ਮੌਜੂਦਾ ਸਮੇਂ ਅਰਮੇਨੀਆ ਵਿੱਚ ਰਹਿ ਰਿਹਾ ਹੈ, ਵੱਲੋਂ ਚਲਾਇਆ ਜਾ ਰਿਹਾ ਹੈ।
ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਘੁੱਗ ਵਾਸੀ ਪਿੰਡ ਬਿੱਤਲ ਝੁੱਗੀਆਂ ਅਤੇ ਅਵਤਾਰ ਸਿੰਘ ਉਰਫ਼ ਲਾਡੀ ਵਾਸੀ ਪਿੰਡ ਸੰਗੋਵਾਲ, ਜਲੰਧਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਦੋ .32 ਬੋਰ ਦੇ ਪਿਸਤੌਲ ਸਮੇਤ ਚਾਰ ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਇੱਕ ਸਪਲੈਂਡਰ ਮੋਟਰਸਾਈਕਲ (ਪੀ.ਬੀ.08 ਐੱਫ.ਈ. 3940), ਜਿਸ ‘ਤੇ ਉਹ ਜਾ ਰਹੇ ਸਨ, ਵੀ ਜ਼ਬਤ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਪੀ ਪਾਸੀਆ ਅਤੇ ਸ਼ਮਸ਼ੇਰ ਸ਼ੇਰਾ ਅੱਤਵਾਦੀ ਹਰਵਿੰਦਰ ਰਿੰਦਾ ਨਾਲ ਮਿਲ ਕੇ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾਉਂਦੇ ਸਨ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸੂਬੇ ਵਿੱਚ ਦਹਿਸ਼ਤ ਫੈਲਾਉਣ ਲਈ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।
ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਬੀ.ਕੇ.ਆਈ. ਮਾਡਿਊਲ ਦੇ ਮੈਂਬਰਾਂ ਵੱਲੋਂ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦੀ ਸਾਜ਼ਿਸ਼ ਰਚਣ ਦੀ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਸੀ.ਆਈ. ਜਲੰਧਰ ਦੀਆਂ ਪੁਲਿਸ ਟੀਮਾਂ ਨੇ ਇੱਕ ਸਪੈਸ਼ਲ ਆਪ੍ਰੇਸ਼ਨ ਚਲਾਇਆ ਅਤੇ ਮਹਿਤਪੁਰ ਵਿੱਚ ਵਿਸ਼ੇਸ਼ ਨਾਕਾ ਲਗਾ ਕੇ ਦੋਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ।
ਜ਼ਿਕਰਯੋਗ ਹੈ ਕਿ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫਆਈਆਰ ਨੰ. 17 ਮਿਤੀ 04.03.2024 ਨੂੰ ਯੂ.ਏ.ਪੀ.ਏ. ਦੀਆਂ ਧਾਰਾਵਾਂ 10, 13, 17, 18, 18-ਬੀ ਅਤੇ 20, ਆਰਮਜ਼ ਐਕਟ ਦੀਆਂ ਧਾਰਾਵਾਂ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 115 ਅਤੇ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।